ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅੱਗੇ ਸਰਕਾਰੀ ਤੰਤਰ ਨੇ ਝੁਕਾਇਆ ਸਿਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਿਛਲੇ ਦਿਨੀਂ ਦਰਬਾਰ ਸਾਹਿਬ ਨਾਲ ਜੁੜੀ ਇਕ ਸੰਵੇਦਨਸ਼ੀਲ ਘਟਨਾ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਅਖ਼ਬਾਰਾਂ ਵਿੱਚ ਛਪੀ ਤਸਵੀਰ, ਜਿਸ ਵਿੱਚ ਸਰਕਾਰੀ ਅਧਿਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਹੱਥ ਜੋੜ ਕੇ ਗਲਤੀ ਨਾ ਦੁਹਰਾਉਣ ਦਾ ਵਾਅਦਾ ਕਰਦੇ ਨਜ਼ਰ ਆ ਰਹੇ ਹਨ, ਉਸਨੂੰ ਦੇਖ ਕੇ ਸੰਤੁਸ਼ਟੀ ਵੀ ਹੋਈ ਹੈ ਅਤੇ ਇਹ ਪੰਥਕ ਮਰਿਆਦਾ ਦੀ ਜਿੱਤ ਵੀ ਹੈ।
ਗਰੇਵਾਲ ਨੇ ਦੱਸਿਆ ਕਿ ਜਦੋਂ ਸਰਕਾਰੀ ਤੰਤਰ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਰਿਕਰਮਾ ਖੇਤਰ ਵਿੱਚੋਂ ਲੋਕਾਂ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ, ਉਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਨੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਮੁਲਾਜ਼ਮਾਂ ਨੂੰ ਰੋਕਿਆ। ਇਸ ਮਾਮਲੇ ’ਤੇ ਕਾਫ਼ੀ ਰੌਲਾ ਪਿਆ ਅਤੇ ਸ਼੍ਰੋਮਣੀ ਕਮੇਟੀ ਨੇ ਵੀ ਸਰਕਾਰੀ ਦਖ਼ਲਅੰਦਾਜ਼ੀ ’ਤੇ ਸਖ਼ਤ ਐਤਰਾਜ਼ ਦਰਜ ਕਰਵਾਇਆ।
ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗਾਗਰ, ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ, ਨੇ ਪ੍ਰੈਸ ਕਾਨਫਰੰਸ ਦੌਰਾਨ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ। ਇਸ ਚੇਤਾਵਨੀ ਦਾ ਪ੍ਰਭਾਵ ਇਹ ਰਿਹਾ ਕਿ ਫ਼ਾਜ਼ਿਲਕਾ ਦੇ ਐੱਸਐੱਸਪੀ ਸਮੇਤ ਕਈ ਉੱਚ ਅਧਿਕਾਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਨਾ ਕਰਨ ਦਾ ਭਰੋਸਾ ਦਿੱਤਾ।
ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਦ੍ਰਿਸ਼ ਉਹਨਾਂ ਲਈ ਵੀ ਸਬਕ ਹੈ ਜੋ ਆਪਣੇ ਆਪ ਨੂੰ ਵੱਡਾ ਪੰਥਕ ਦੱਸ ਕੇ ਵਿਰੋਧ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ 22 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਵਿੱਚੋਂ ਕੁਝ ਲੋਕਾਂ ਦੀਆਂ ਗਲਤੀਆਂ ਨੂੰ ਆਧਾਰ ਬਣਾ ਕੇ ਪੂਰੀ ਸੰਸਥਾ ਨੂੰ ਬਦਨਾਮ ਕਰਨਾ ਨਾਇਨਸਾਫ਼ੀ ਹੈ।
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਜਿਹੜੇ ਸੇਵਾਦਾਰ ਤੇ ਮੁਲਾਜ਼ਮ ਗੁਰੂ ਘਰ ਦੀ ਮਰਿਆਦਾ ਲਈ ਦਿਨ-ਰਾਤ ਡਿਊਟੀ ਨਿਭਾਉਂਦੇ ਹਨ, ਉਨ੍ਹਾਂ ਦੀ ਖੁੱਲ੍ਹ ਕੇ ਸਲਾਹਣਾ ਅਤੇ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਗਰੇਵਾਲ ਨੇ ਪੁਰਾਣੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਚਾਹੇ ਬਾਬਾ ਧਮਾਕਿਆਂ ਦਾ ਮਾਮਲਾ ਹੋਵੇ ਜਾਂ ਦਰਬਾਰ ਸਾਹਿਬ ਅੰਦਰ ਸ਼ਰਾਰਤੀ ਤੱਤਾਂ ਨੂੰ ਕਾਬੂ ਕਰਨ ਦੀ ਗੱਲ, ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੇ ਹਰ ਵਾਰ ਮਰਿਆਦਾ ਦੀ ਰੱਖਿਆ ਕੀਤੀ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਇਹ ਸੰਸਥਾ ਡਾਕੂਆਂ ਜਾਂ ਜ਼ਬਰ ਨਾਲ ਨਹੀਂ, ਸਗੋਂ ਗੁਰੂ ਦੀ ਭੈਅ ਅਤੇ ਨਿਸ਼ਕਾਮ ਸੇਵਾ ਨਾਲ ਚੱਲ ਰਹੀ ਹੈ। ਇਸ ਲਈ ਲੋੜ ਹੈ ਕਿ ਅਜਿਹੇ ਨਿਸ਼ਕਾਮ ਸੇਵਾਦਾਰਾਂ ਨੂੰ ਦਿਲੋਂ ਸਲਾਮ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਕੰਮ ਕੀਤਾ ਜਾਵੇ।

