The issue of safety of Sikhs resonated in the British Parliament, Lord Kuldeep Singh Sahota expressed concern over hate crimes, appealed to the government to take strict steps
ਬਰਤਾਨੀਆ ਦੀ ਸੰਸਦ ‘ਚ ਗੂੰਜਿਆ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ, ਲਾਰਡ ਕੁਲਦੀਪ ਸਿੰਘ ਸਹੋਤਾ ਨੇ ਨਫ਼ਰਤੀ ਅਪਰਾਧਾਂ ‘ਤੇ ਜਤਾਈ ਚਿੰਤਾ, ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਅਪੀਲ
ਲੰਡਨ, (ਆਵਾਜ਼ਿ ਕੌਮ ਬਿਊਰੋ)- ਬਰਤਾਨੀਆ ਦੀ ਸੰਸਦ ਦੇ ਉੱਚ ਸਦਨ ਹਾਊਸ ਆਫ਼ ਲਾਰਡਜ਼ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆ ਅਤੇ ਨਫ਼ਰਤੀ ਅਪਰਾਧਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਲਾਰਡ ਕੁਲਦੀਪ ਸਿੰਘ ਸਹੋਤਾ ਨੇ ਸਦਨ ਵਿੱਚ ਬੋਲਦਿਆਂ ਕਿਹਾ ਕਿ ਹਾਲੀਆ ਸਮੇਂ ਦੌਰਾਨ ਪ੍ਰਵਾਸੀ ਭਾਈਚਾਰਿਆਂ, ਖ਼ਾਸ ਕਰਕੇ ਸਿੱਖਾਂ, ਵਿਰੁੱਧ ਨਫ਼ਰਤ ਤੋਂ ਪ੍ਰੇਰਿਤ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।
ਲਾਰਡ ਸਹੋਤਾ ਨੇ ਕਿਹਾ ਕਿ ਬਰਤਾਨੀਆ ਇੱਕ ਬਹੁ-ਸੱਭਿਆਚਾਰਕ ਅਤੇ ਬਹੁ-ਧਾਰਮਿਕ ਦੇਸ਼ ਹੈ, ਜਿੱਥੇ ਹਰ ਨਾਗਰਿਕ ਨੂੰ ਆਪਣੇ ਧਰਮ ਅਤੇ ਪਛਾਣ ਨਾਲ ਸੁਰੱਖਿਅਤ ਜੀਵਨ ਬਤੀਤ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ ਜਾਂ ਨਸਲੀ ਪਿਛੋਕੜ ਕਾਰਨ ਨਿਸ਼ਾਨਾ ਬਣਾਉਣਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ।
ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਨਫ਼ਰਤੀ ਅਪਰਾਧਾਂ ਦੀ ਰੋਕਥਾਮ ਲਈ ਮੌਜੂਦਾ ਕਾਨੂੰਨਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਘੱਟ-ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਬਰਤਾਨੀਆ ਦੇ ਆਰਥਿਕ, ਸਮਾਜਿਕ ਅਤੇ ਜਨ-ਜੀਵਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਸੰਸਦ ਵਿੱਚ ਹੋਈ ਇਸ ਚਰਚਾ ਦੌਰਾਨ ਨਫ਼ਰਤੀ ਅਪਰਾਧਾਂ ਦੇ ਵੱਧ ਰਹੇ ਰੁਝਾਨ ‘ਤੇ ਵੀ ਚਿੰਤਾ ਪ੍ਰਗਟ ਕੀਤੀ ਗਈ। ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਸਮਾਜ ਵਿੱਚ ਆਪਸੀ ਸਾਂਝ, ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਲਈ ਸਰਕਾਰ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
ਸਿੱਖ ਭਾਈਚਾਰੇ ਦੀਆਂ ਵੱਖ-ਵੱਖ ਸੰਸਥਾਵਾਂ ਨੇ ਲਾਰਡ ਸਹੋਤਾ ਵੱਲੋਂ ਸੰਸਦ ਵਿੱਚ ਇਹ ਮੁੱਦਾ ਉਠਾਉਣ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਹੈ ਕਿ ਸਰਕਾਰ ਨਫ਼ਰਤੀ ਅਪਰਾਧਾਂ ਨੂੰ ਰੋਕਣ ਅਤੇ ਘੱਟ-ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇਗੀ।

