The second leg of Miri Piri Khalsa March departed from Takht Sri Damdama Sahib with great pomp and show.
ਮੀਰੀ ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਜਾਹੋ ਜਲਾਲ ਨਾਲ ਹੋਇਆ ਰਵਾਨਾ
ਤਲਵੰਡੀ ਸਾਬੋ, 23 ਅਗਸਤ (ਗੁਰਜੰਟ ਸਿੰਘ ਨਥੇਹਾ)- ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦਾ ਵਿਸ਼ਾਲ ਕਾਫ਼ਲਾ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕਰਦਿਆਂ ਮਾਰਚ ਪ੍ਰਤੀ ਆਪਣੀ ਸ਼ਰਧਾ ਅਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਮਾਰਚ ਦੀ ਰਵਾਨਗੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਜਿੰਦਰ ਸਿੰਘ ਧਾਮੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸੰਗਤਾਂ ਦੀ ਵੱਡੀ ਸ਼ਮੂਲੀਅਤ ਨਾਲ ਕਾਫ਼ਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਹੋ ਕੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਪਹੁੰਚਿਆ, ਜਿੱਥੇ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਮਾਰਚ ਵਿੱਚ ਸ਼ਾਮਲ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਉਪਰੰਤ ਮਾਰਚ ਦਾ ਮੁੱਖ ਪੜਾਅ ਜਗਾ ਰਾਮ ਤੀਰਥ ਵਿਖੇ ਹੋਇਆ। ਇੱਥੇ ਭਾਰੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਵਿੱਚ ਸ੍ਰ. ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਮੀਰੀ-ਪੀਰੀ ਦੇ ਸਿਧਾਂਤ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਮੀਰੀ ਪੀਰੀ ਖਾਲਸਾ ਮਾਰਚ ਦੀ ਸ਼ੁਰੂਆਤ 24 ਜੁਲਾਈ ਤੋਂ ਹੋਈ ਸੀ ਅਤੇ ਇਸ ਦੀ ਸੰਪੂਰਨਤਾ ਅਗਲੇ ਮਹੀਨੇ 4 ਸਤੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਮਾਰਚ ਦਾ ਮੁੱਖ ਮਕਸਦ ਗੁਰੂ ਨਾਨਕ ਸਾਹਿਬ ਜੀ ਦੇ ਸਿਧਾਂਤਾਂ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਅਤੇ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ਿਆ ਗਿਆ ਮੀਰੀ-ਪੀਰੀ ਦਾ ਸਿਧਾਂਤ ਸਿੱਖ ਪੰਥ ਕੋਲ ਮੌਜੂਦ ਇੱਕ ਅਮੋਲਕ ਖ਼ਜ਼ਾਨਾ ਹੈ, ਜਿਸ ਨੂੰ ਸਮਝਣ, ਸੰਭਾਲਣ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਨਾਲ ਜੁੜਨ ਦੀ ਅਪੀਲ ਵੀ ਕੀਤੀ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਮੀਰੀ-ਪੀਰੀ ਦੇ ਸਿਧਾਂਤ ਨੂੰ ਸਿੱਖ ਜੀਵਨ ਦਾ ਅਹਿਮ ਅੰਗ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਮਹਾਨ ਵਿਰਸੇ, ਗੁਰਮਤਿ ਸਿਧਾਂਤਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਮਜ਼ਬੂਤੀ ਨਾਲ ਜੁੜ ਕੇ ਚੱਲਣ ਦੀ ਲੋੜ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਸ੍ਰ. ਰਵੀਪਰੀਤ ਸਿੰਘ ਸਿੱਧੂ, ਜਸਵਿੰਦਰ ਸਿੰਘ ਜੈਲਦਾਰ, ਅਕਾਲੀ ਆਗੂ ਗੁਰਮੇਲ ਸਿੰਘ ਘਈ ਤਲਵੰਡੀ ਸਾਬੋ, ਡੇਰਾ ਬਾਬਾ ਸੰਧਿਆ ਦਾਸ ਦੇ ਗੱਦੀ ਨਸ਼ੀਨ ਬਾਬਾ ਹਰਬੰਸ ਦਾਸ, ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋ. ਗੁਰਜੀਤ ਸਿੰਘ ਖਾਲਸਾ, ਜੈਲਦਾਰ ਦਰਸ਼ਨ ਸਿੰਘ ਜਗਾ ਰਾਮ ਤੀਰਥ, ਚੜ੍ਹਦੀਕਲਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜੱਗਾ ਸਿੰਘ ਸਿੱਧੂ, ਬਾਬਾ ਜੱਸਾ ਸਿੰਘ ਕੁੰਡਲ ਅਤੇ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਜਗਾ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।



