To keep the thinking of the martyrs alive, it is necessary to connect the new generation with Sikhism and heritage — Bibi Charanjit Kaur
*ਸ਼ਹੀਦਾਂ ਦੀ ਸੋਚ ਨੂੰ ਜਿਊਂਦਾ ਰੱਖਣ ਲਈ ਨਵੀਂ ਪੀੜ੍ਹੀ ਨੂੰ ਸਿੱਖੀ ਅਤੇ ਵਿਰਸੇ ਨਾਲ ਜੋੜਨਾ ਜ਼ਰੂਰੀ — ਬੀਬੀ ਚਰਨਜੀਤ ਕੌਰ *ਸ਼ਹੀਦ ਭਾਈ ਕੁਲਵੰਤ ਸਿੰਘ ਖੁਖਰਾਣਾ ਦੀ ਧਰਮ ਸੁਪਤਨੀ ਤੇ ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਮਾਤਾ ਦਾ ਵੁਲਵਰਹੈਂਪਟਨ ਵਿਖੇ ਨਿੱਘਾ ਸਵਾਗਤ ਅਤੇ ਸਨਮਾਨ
ਵੁਲਵਰਹੈਂਪਟਨ, 9 ਅਗਸਤ (Awaze Qaum)— ਸ਼ਹੀਦ ਭਾਈ ਕੁਲਵੰਤ ਸਿੰਘ ਖੁਖਰਾਣਾ ਦੀ ਧਰਮ ਸੁਪਤਨੀ ਅਤੇ ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਮਾਤਾ ਬੀਬੀ ਚਰਨਜੀਤ ਕੌਰ ਐਤਵਾਰ ਨੂੰ ਗੁਰੂ ਨਾਨਕ ਗੁਰਦੁਆਰਾ ਸਾਹਿਬ, ਬੈਂਸਫੀਲਡ, ਵੁਲਵਰਹੈਂਪਟਨ ਵਿਖੇ ਪਹੁੰਚੇ, ਜਿੱਥੇ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬੀਬੀ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਸੋਚ ਨੂੰ ਜਿਊਂਦਾ ਰੱਖਣ ਲਈ ਨਵੀਂ ਪੀੜ੍ਹੀ ਨੂੰ ਸਿੱਖੀ, ਆਪਣੇ ਇਤਿਹਾਸ ਅਤੇ ਕੌਮੀ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।
ਬੀਬੀ ਚਰਨਜੀਤ ਕੌਰ ਦੇ ਸੰਬੋਧਨ ਤੋਂ ਪਹਿਲਾਂ ਗੁਰੂ ਘਰ ਦੇ ਸਟੇਜ ਸਕੱਤਰ ਭਾਈ ਜਸਵਿੰਦਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਾਈ ਕੁਲਵੰਤ ਸਿੰਘ ਖੁਖਰਾਣਾ ਦੀ ਸ਼ਹਾਦਤ ਅਤੇ ਸਿੱਖ ਸੰਘਰਸ਼ ਵਿੱਚ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਈ ਕੁਲਵੰਤ ਸਿੰਘ ਖੁਖਰਾਣਾ ਦੀ ਕੁਰਬਾਨੀ ਨੂੰ ਕੌਮ ਹਮੇਸ਼ਾ ਯਾਦ ਰੱਖੇਗੀ।
ਭਾਈ ਜਸਵਿੰਦਰ ਸਿੰਘ ਨੇ ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਜਨਮ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜੱਦੀ ਪਿੰਡ ਰੋਡੇ ਵਿਖੇ ਹੋਇਆ ਸੀ। ਉਨ੍ਹਾਂ ਸੰਗਤਾਂ ਨੂੰ ਭਾਈ ਖੰਡਾ ਦੀ ਸੋਚ ਅਤੇ ਕੌਮੀ ਮਸਲਿਆਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਬਾਰੇ ਵੀ ਜਾਣੂ ਕਰਵਾਇਆ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜਦੋਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਸਬੰਧਤ ਅਜਿਹੀਆਂ ਸਤਿਕਾਰਯੋਗ ਮਾਵਾਂ ਸੰਗਤਾਂ ਵਿੱਚ ਪਹੁੰਚਦੀਆਂ ਹਨ ਤਾਂ ਉਨ੍ਹਾਂ ਦਾ ਵੱਧ ਤੋਂ ਵੱਧ ਸਤਿਕਾਰ ਕਰਨਾ ਸਾਡਾ ਕੌਮੀ ਅਤੇ ਧਾਰਮਿਕ ਫ਼ਰਜ਼ ਬਣਦਾ ਹੈ।
ਇਸ ਉਪਰੰਤ ਬੀਬੀ ਚਰਨਜੀਤ ਕੌਰ ਨੇ ਬਹੁਤ ਹੀ ਭਾਵੁਕ ਅਤੇ ਪ੍ਰੇਰਣਾਦਾਇਕ ਸ਼ਬਦਾਂ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਧਰਮ ਅਤੇ ਕੌਮ ਦੀ ਖਾਤਰ ਸ਼ਹਾਦਤ ਵਰਗੀ ਮਹਾਨ ਪ੍ਰਾਪਤੀ ਵੀ ਵੱਡੇ ਭਾਗਾਂ ਅਤੇ ਗੁਰੂ ਦੀ ਬਖ਼ਸ਼ਿਸ਼ ਨਾਲ ਹੀ ਪ੍ਰਾਪਤ ਹੁੰਦੀ ਹੈ।
ਉਨ੍ਹਾਂ ਕਿਹਾ, “ਮੈਨੂੰ ਜਿੱਥੇ ਆਪਣੇ ਪੁੱਤਰ ਦੇ ਵਿਛੋੜੇ ਦਾ ਦੁੱਖ ਹੈ, ਉੱਥੇ ਇਸ ਗੱਲ ਦੀ ਤਸੱਲੀ ਵੀ ਹੈ ਕਿ ਸਿੱਖ ਸੰਗਤਾਂ ਵਿੱਚ ਮੇਰੇ ਲੱਖਾਂ ਪੁੱਤਰ ਜਿਊਂਦੇ ਹਨ। ਉਨ੍ਹਾਂ ਨੂੰ ਦੇਖ ਕੇ ਮੈਂ ਇਹ ਕਹਿ ਸਕਦੀ ਹਾਂ ਕਿ ਭਾਈ ਅਵਤਾਰ ਸਿੰਘ ਖੰਡਾ ਦੀ ਸੋਚ ਅੱਜ ਵੀ ਜਿਊਂਦੀ ਹੈ।”
ਬੀਬੀ ਚਰਨਜੀਤ ਕੌਰ ਨੇ ਕਿਹਾ ਕਿ ਧਰਮ ਦੀ ਖਾਤਰ ਕੁਰਬਾਨੀ ਦੇਣ ਲਈ ਗੁਰੂ ਦੀ ਓਟ ਅਤੇ ਆਸਰਾ ਲਾਜ਼ਮੀ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਆਪਣੇ ਧਰਮ, ਇਤਿਹਾਸ ਅਤੇ ਵਿਰਸੇ ਨਾਲ ਜੁੜੇ ਰਹਿਣ ਅਤੇ ਖ਼ਾਸ ਤੌਰ ’ਤੇ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੀ ਅਪੀਲ ਕੀਤੀ।
ਇਸ ਮੌਕੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਚਰਨਜੀਤ ਕੌਰ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਬੀਬੀ ਜੀ ਨੇ ਸੰਗਤਾਂ ਨੂੰ 15 ਅਗਸਤ, ਦਿਨ ਸ਼ਨੀਵਾਰ ਨੂੰ ਗੁਰੂ ਨਾਨਕ ਗੁਰਦੁਆਰਾ ਸਾਹਿਬ, ਹਾਈ ਸਟਰੀਟ, ਸਮੈਥਵਿਕ ਵਿਖੇ ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।
ਸਮਾਗਮ ਤੋਂ ਬਾਅਦ ਇੰਟਰਨੈਸ਼ਨਲ ਪੰਥਕ ਦਲ, ਜਿਸ ਦੇ ਬਾਨੀ ਸਿੰਘ ਸਾਹਿਬ ਭਾਈ ਜਸਬੀਰ ਸਿੰਘ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਹਨ, ਦੇ ਮੈਂਬਰਾਂ ਨੇ ਬੀਬੀ ਚਰਨਜੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਭਾਈ ਅਵਤਾਰ ਸਿੰਘ ਖੰਡਾ ਦੇ ਵਿਛੋੜੇ ਦਾ ਦੁੱਖ ਸਾਂਝਾ ਕੀਤਾ।
ਇਸ ਮੌਕੇ ਜਥੇਬੰਦੀ ਵੱਲੋਂ ਭਾਈ ਪਰਮਜੀਤ ਸਿੰਘ ਢਾਡੀ, ਭਾਈ ਰਘਬੀਰ ਸਿੰਘ ਵਾਲਸਲ, ਬਾਬਾ ਬਘੇਲ ਸਿੰਘ ਜੀ, ਭਾਈ ਰਘਬੀਰ ਸਿੰਘ ਮਾਲੜੀ, ਭਾਈ ਮੱਖਣ ਸਿੰਘ ਇਰਾਨੀ, ਭਾਈ ਬਲ ਬਹਾਦਰ ਸਿੰਘ, ਭਾਈ ਨਿਰਮਲ ਸਿੰਘ ਅਤੇ ਭਾਈ ਪ੍ਰਗਟ ਸਿੰਘ ਹਾਜ਼ਰ ਸਨ।
ਜਥੇਬੰਦੀ ਦੇ ਮੈਂਬਰਾਂ ਨੇ ਕਿਹਾ ਕਿ ਭਾਈ ਅਵਤਾਰ ਸਿੰਘ ਖੰਡਾ ਦੇ ਅਕਾਲ ਚਲਾਣੇ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਖ਼ਾਲਸਾ ਪੰਥ ਨੂੰ ਵੀ ਇੱਕ ਵੱਡਾ ਘਾਟਾ ਪਿਆ ਹੈ, ਜਿਸ ਦੀ ਭਰਪਾਈ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਬੀਬੀ ਚਰਨਜੀਤ ਕੌਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਇੰਟਰਨੈਸ਼ਨਲ ਪੰਥਕ ਦਲ ਹਮੇਸ਼ਾ ਪਰਿਵਾਰ ਦੇ ਨਾਲ ਖੜ੍ਹਾ ਹੈ।
ਇਸ ਮੌਕੇ ਬੀਬੀ ਇੰਦਰਜੀਤ ਕੌਰ ਵੀ ਪੀਬੀਸੀ ਚੈਨਲ ਵੱਲੋਂ ਹਾਜ਼ਰ ਸਨ, ਜੋ ਬੀਬੀ ਚਰਨਜੀਤ ਕੌਰ ਦੇ ਨਾਲ ਆਏ ਸਨ।
ਸੰਗਤ ਵਿੱਚੋਂ ਵੀ ਵੱਡੀ ਗਿਣਤੀ ਵਿੱਚ ਸਿੰਘਾਂ ਅਤੇ ਬੀਬੀਆਂ ਨੇ ਬੀਬੀ ਚਰਨਜੀਤ ਕੌਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਸ਼ਹੀਦ ਪਰਿਵਾਰ ਪ੍ਰਤੀ ਆਪਣਾ ਸਤਿਕਾਰ ਅਤੇ ਹਮਦਰਦੀ ਪ੍ਰਗਟਾਈ।

