Uproar in Legislative Assembly over Parvinder Jhota murder case; Congress stages a walkout
ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਕਤਲ ਮਾਮਲੇ ‘ਤੇ ਜ਼ੋਰਦਾਰ ਹੰਗਾਮਾ, ਕਾਂਗਰਸ ਨੇ ਕੀਤਾ ਵਾਕਆਊਟ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ। ਵਿਰੋਧੀ ਧਿਰ ਵਲੋਂ ਪਰਵਿੰਦਰ ਝੋਟਾ ਕਤਲ ਮਾਮਲੇ ਸਣੇ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸਦਨ ‘ਚ ਵੱਧਦੇ ਹੰਗਾਮੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਅਤੇ ਸਦਨ ਦੀ ਮਰਿਆਦਾ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਮੰਤਰੀ ਨੂੰ ਆਪਣਾ ਜਵਾਬ ਦੇਣ ਲਈ ਕਿਹਾ ਅਤੇ ਸਦਨ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ। ਕਾਂਗਰਸ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਸਦਨ ‘ਚ ਵਿਰੋਧ ਜਤਾਉਂਦਿਆਂ ਵਾਕਆਊਟ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਕਾਂਗਰਸ ਆਪਣਾ ਵਿਰੋਧ ਜਾਰੀ ਰੱਖੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿੱਚ ਮੌਜੂਦ ਹੋਣ ਦੇ ਬਾਵਜੂਦ ਲੋਕਾਂ ਦੇ ਮੁੱਦਿਆਂ ’ਤੇ ਜਵਾਬ ਦੇਣ ਲਈ ਤਿਆਰ ਨਹੀਂ ਹਨ। ਬਾਜਵਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪੋਸਟਮਾਰਟਮ ਅਤੇ ਉਸ ਤੋਂ ਬਾਅਦ ਸਸਕਾਰ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਦਾਅਵਾ ਕੀਤਾ ਕਿ ਝੋਟਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੁਹਿੰਮ ਚਲਾ ਰਿਹਾ ਸੀ ਅਤੇ ਉਸ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਅਸਤੀਫ਼ੇ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਨਸ਼ਿਆਂ ਦਾ ਮੁੱਦਾ ਪੰਜਾਬ ਦੀ ਸਿਆਸਤ ‘ਚ ਲਗਾਤਾਰ ਭਖਿਆ ਹੋਇਆ ਹੈ। ਵਿਧਾਨ ਸਭਾ ‘ਚ ਹੋਈ ਇਸ ਬਹਿਸ ਦੌਰਾਨ ਵੀ ਸੱਤਾ ਧਿਰ ਅਤੇ ਕਾਂਗਰਸ ਵਿਚਾਲੇ ਇਸ ਮੁੱਦੇ ’ਤੇ ਸਿਆਸੀ ਟਕਰਾਅ ਦੇਖਣ ਨੂੰ ਮਿਲਿਆ।

