SGPC President Condemns Uttarakhand Police for Removing Turbans of Sikh Youths
ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤੀ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਜੂਨ 2026 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਉਤਰਾਖੰਡ ਸਰਕਾਰ ਨੂੰ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਅਤੇ ਕਿਰਪਾਨ ਸਿੱਖ ਧਰਮ ਦੇ ਮਹੱਤਵਪੂਰਨ ਕਕਾਰ ਹਨ ਅਤੇ ਸਿੱਖਾਂ ਨੂੰ ਇਨ੍ਹਾਂ ਨੂੰ ਧਾਰਨ ਕਰਨ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਨਿਸ਼ਾਨੀਆਂ ਦਾ ਸਤਿਕਾਰ ਕਰਨਾ ਹਰ ਸਰਕਾਰੀ ਅਧਿਕਾਰੀ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਦੱਸਿਆ ਕਿ ਕਰਣਪ੍ਰਯਾਗ ਵਿੱਚ ਪਹਿਲਾਂ ਕੁਝ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ ‘ਤੇ ਹਮਲਾ ਕੀਤੇ ਜਾਣ ਦੇ ਦੋਸ਼ ਸਾਹਮਣੇ ਆਏ, ਜਿਸ ਤੋਂ ਬਾਅਦ ਮਾਮਲਾ ਵਿਵਾਦ ਵਿੱਚ ਬਦਲ ਗਿਆ। ਧਾਮੀ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਨਿਰਪੱਖ ਜਾਂਚ ਦੀ ਬਜਾਏ ਸਿੱਖ ਸ਼ਰਧਾਲੂਆਂ ਖ਼ਿਲਾਫ਼ ਹੀ ਕੇਸ ਦਰਜ ਕਰ ਦਿੱਤਾ ਗਿਆ।
ਐੱਸਜੀਪੀਸੀ ਪ੍ਰਧਾਨ ਨੇ ਖਾਸ ਤੌਰ ‘ਤੇ ਇਸ ਗੱਲ ‘ਤੇ ਇਤਰਾਜ਼ ਜਤਾਇਆ ਕਿ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ‘ਤੇ ਬੇਇੱਜ਼ਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਾ ਸਿਰਫ਼ ਮੰਦਭਾਗੀ ਹੈ, ਸਗੋਂ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਉਣ ਵਾਲੀ ਵੀ ਹੈ।
ਧਾਮੀ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲੀਆਂ ਸੰਗਤਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਉਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਸਥਿਤੀ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਸਿੱਖ ਸੰਗਤ ਨੂੰ ਸ਼ਾਂਤੀ, ਸੰਜਮ ਅਤੇ ਏਕਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ। ਨਾਲ ਹੀ ਉਨ੍ਹਾਂ ਸਥਾਨਕ ਸਿੱਖ ਆਗੂਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਪ੍ਰਭਾਵਿਤ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਯਤਨ ਕਰਨ ਦੀ ਅਪੀਲ ਕੀਤੀ।
ਐਡਵੋਕੇਟ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਭੜਕਾਊ ਬਿਆਨਬਾਜ਼ੀ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ।
