Voter List Revision: Lists of claims and objections released
ਵੋਟਰ ਸੂਚੀ ਸੁਧਾਈ : ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਜਾਰੀ
ਬਠਿੰਡਾ (ਆਵਾਜ਼ਿ ਕੌਮ ਬਿਊਰੋ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਪੰਜਾਬ ਰਾਜ ’ਚ ਚਲਾਈ ਜਾ ਰਿਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ) ਅਧੀਨ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਮੂਹ 1204 ਬੂਥ ਲੈਵਲ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਗਏ ਹਨ। ਇਸ ਸਬੰਧੀ ਇਨ੍ਹਾਂ ਪ੍ਰਾਪਤ ਕੀਤੇ ਦਾਅਵੇ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9, ਫਾਰਮ ਨੰਬਰ 10, ਫਾਰਮ ਨੰਬਰ 11, ਫਾਰਮ ਨੰਬਰ 11-ਏ ਅਤੇ ਫਾਰਮ ਨੰਬਰ 11-ਬੀ ਵਿਚ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ’ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐੱਸ. ਆਈ. ਆਰ. ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਸਮੂਹ ਸਬੰਧਿਤ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਸੁਧਾਈ ਪ੍ਰਕਿਰਿਆ ਵਿਚ ਆਪਣਾ ਸਹਿਯੋਗ ਜਾਰੀ ਰੱਖਣ ਤਾਂ ਜੋ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀ ਵਿਚ ਯਕੀਨੀ ਤੌਰ ’ਤੇ ਦਰਜ ਹੋ ਸਕਣ।

