Voting for the ‘broom’ means voting for drugs: Harsimrat Kaur Badal
ਝਾੜੂ ਨੂੰ ਵੋਟ ਪਾਉਣ ਦਾ ਮਤਲਬ ਨਸ਼ਿਆਂ ਨੂੰ ਵੋਟ ਪਾਉਣਾ : ਹਰਸਿਮਰਤ ਕੌਰ ਬਾਦਲ
ਖੰਨਾ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ‘ਆਪ’ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਝਾੜੂ ਨੂੰ ਵੋਟ ਪਾਉਣ ਦਾ ਮਤਲਬ ਨਸ਼ਿਆਂ ਨੂੰ ਵੋਟ ਪਾਉਣਾ ਹੈ। ਉਨ੍ਹਾਂ ਪੰਜਾਬੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਨਕਾਰਨ ਦੀ ਅਪੀਲ ਕੀਤੀ। ਖੰਨਾ ਵਿਖੇ ਨਸ਼ਿਆਂ ਖ਼ਿਲਾਫ਼ ਸੂਬਾ ਪੱਧਰੀ ਮੁਹਿੰਮ ਤਹਿਤ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਅਤੇ ਕਿਹਾ ਕਿ ਜੇ ਮੁੱਖ ਮੰਤਰੀ ਆਪਣੇ ਪਿੰਡ ਸਤੌਜ ਵਿੱਚ ਹੀ ਨਸ਼ਿਆਂ ’ਤੇ ਕਾਬੂ ਨਹੀਂ ਪਾ ਸਕੇ ਤਾਂ ਉਹ ਨਸ਼ਾ ਪੀੜਤ ਪਰਿਵਾਰਾਂ ਨੂੰ ਰਾਹਤ ਕਿਵੇਂ ਦੇਣਗੇ। ਉਨ੍ਹਾਂ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਹੋਣ ਦੇ ਵੀ ਦੋਸ਼ ਲਗਾਏ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ, ਬਿਹਤਰ ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਲੋੜ ਹੈ। ਉਨ੍ਹਾਂ ਔਰਤਾਂ ਨੂੰ ਅਕਾਲੀ ਦਲ ਦੀ ‘ਮਾਈ ਭਾਗੋ ਦੀ ਫੌਜ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ ’ਤੇ ਮਹਿਲਾ ਡੀਜੀਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਬਣਾਈ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਪੀੜਤਾਂ ਨੂੰ ਮੁਆਵਜ਼ਾ ਦੇਣ ਅਤੇ ਨਸ਼ਾ ਤਸਕਰਾਂ ਨੂੰ 10 ਸਾਲ ਤੱਕ ਜ਼ਮਾਨਤ ਨਾ ਮਿਲਣ ਸਬੰਧੀ ਨਵਾਂ ਕਾਨੂੰਨ ਲਿਆਉਣ ਦਾ ਵੀ ਵਾਅਦਾ ਕੀਤਾ। ਇਸ ਮੌਕੇ ਯਾਦਵਿੰਦਰ ਸਿੰਘ ਯਾਦੂ ਅਤੇ ਜਸਦੀਪ ਕੌਰ ਯਾਦੂ ਵੀ ਮੌਜੂਦ ਸਨ।

