Women’s Commission issues notice to Virsa Singh Valtoha
ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ ਕੀਤਾ ਹੈ। ਵਲਟੋਹਾ ‘ਤੇ ਜਬਰ-ਜ਼ਿਨਾਹ ਪੀੜਤ ਔਰਤ ਬਾਰੇ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਉਸ ਦੀ ਪਛਾਣ ਉਜਾਗਰ ਕਰਨ ਦੇ ਦੋਸ਼ ਲੱਗੇ ਹਨ। ਕਮਿਸ਼ਨ ਨੇ ਮੀਡੀਆ ਰਿਪੋਰਟਾਂ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਪੁਲਸ ਨੂੰ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ 26 ਸਤੰਬਰ ਤੱਕ ਆਪਣੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਹਿਲਾ ਕਮਿਸ਼ਨ ਅਨੁਸਾਰ, ਮੀਡੀਆ ਵਿਚ ਆਈਆਂ ਖ਼ਬਰਾਂ ਅਤੇ ਵੀਡੀਓਜ਼ ਵਿਚ ਵਿਰਸਾ ਸਿੰਘ ਵਲਟੋਹਾ ਵੱਲੋਂ ਪੀੜਤ ਔਰਤ ਖ਼ਿਲਾਫ਼ ਅਪਮਾਨਜਨਕ ਸ਼ਬਦਾਵਲੀ ਵਰਤਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਮਿਸ਼ਨ ਨੇ ਪੰਜਾਬ ਦੇ ਡੀ. ਜੀ. ਪੀ. ਅਤੇ ਡਾਇਰੈਕਟਰ, ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਤੱਥਾਂ ਦੇ ਆਧਾਰ ‘ਤੇ ਡੂੰਘਾਈ ਨਾਲ ਪੜਤਾਲ ਕਰਨ। ਪੁਲਸ ਅਧਿਕਾਰੀਆਂ ਨੂੰ ਇਹ ਪਤਾ ਲਗਾਉਣ ਲਈ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ ਕਾਨੂੰਨੀ ਵਿਵਸਥਾਵਾਂ ਦੀ ਕੋਈ ਉਲੰਘਣਾ ਹੋਈ ਹੈ ਜਾਂ ਨਹੀਂ। ਜੇਕਰ ਕਿਸੇ ਵੀ ਕਾਨੂੰਨ ਦੀ ਉਲੰਘਣਾ ਪਾਈ ਜਾਂਦੀ ਹੈ, ਤਾਂ ਨਿਯਮਾਂ ਤਹਿਤ ਕੀਤੀ ਗਈ ਕਾਰਵਾਈ ਦਾ ਪੂਰਾ ਵੇਰਵਾ ਤਿਆਰ ਕਰਕੇ 26 ਸਤੰਬਰ ਤੱਕ ਕਮਿਸ਼ਨ ਦੇ ਦਫ਼ਤਰ ਵਿਚ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ, ਵਿਰਸਾ ਸਿੰਘ ਵਲਟੋਹਾ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਅਤੇ ਵਿਵਾਦ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਜਿਸ ਮਹਿਲਾ ਵੱਲੋਂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ, ਉਹ ਪਹਿਲਾਂ ਵੀ ਧੋਖਾਧੜੀ ਵਰਗੇ ਮਾਮਲਿਆਂ ਵਿਚ ਸ਼ਾਮਲ ਰਹੀ ਹੈ। ਵਲਟੋਹਾ ਨੇ ਇਲਜ਼ਾਮ ਲਾਇਆ ਕਿ ਉਸ ਮਹਿਲਾ ਖ਼ਿਲਾਫ਼ ਧੋਖਾਧੜੀ ਦਾ ਕੇਸ ਨਾਭਾ ਦੀ ਅਦਾਲਤ ਵਿਚ ਵਿਚਾਰ ਅਧੀਨ ਹੈ ਅਤੇ ਉਹ ਪਹਿਲਾਂ ਜੇਲ੍ਹ ਵੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਵੱਲੋਂ ਲਾਏ ਗਏ ਦੋਸ਼ ਬੇਬੁਨਿਆਦ ਹਨ। ਆਪਣੇ ਸਪੱਸ਼ਟੀਕਰਨ ਵਿਚ ਵਿਰਸਾ ਸਿੰਘ ਵਲਟੋਹਾ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਮਹਿਲਾ ਨੂੰ ਤੁਰੰਤ ਪੁਲਸ ਸੁਰੱਖਿਆ ਦਿੱਤੀ ਜਾਵੇ। ਉਨ੍ਹਾਂ ਖਦਸ਼ਾ ਜਤਾਇਆ ਕਿ ਸਿਆਸੀ ਫ਼ਾਇਦੇ ਲਈ ਉਸ ਮਹਿਲਾ ਦਾ ਜਾਨੀ ਨੁਕਸਾਨ ਕਰਵਾ ਕੇ ਦੋਸ਼ ਅਕਾਲੀ ਦਲ ਦੇ ਆਗੂਆਂ ‘ਤੇ ਮੜ੍ਹਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਜਾਂਚ CBI ਜਾਂ ਹਾਈ ਕੋਰਟ ਦੇ ਮੌਜੂਦਾ ਜਾਂ ਰਿਟਾਇਰਡ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

