YouTuber Dhruv Rathee in Delhi Police custody; action also taken against 150 protesters
ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ ‘ਚ, 150 ਪ੍ਰਦਰਸ਼ਨਕਾਰੀਆਂ ‘ਤੇ ਵੀ ਕੀਤੀ ਕਾਰਵਾਈ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਲਗਭਗ 150 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜੋ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਵਿਰੁੱਧ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਜੰਤਰ-ਮੰਤਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ। ਕਨਾਟ ਪਲੇਸ ਵਿਖੇ ਪੁਲਸ ਨੇ ਸੁਰੱਖਿਆ ਲਈ ਲਗਾਏ ਬੈਰੀਕੇਡ ਪਾਰ ਕਰਨ ਅਤੇ ਜੰਤਰ-ਮੰਤਰ ‘ਤੇ ਇਕੱਠਾ ਹੋਣ ਤੋਂ ਰੋਕਣ ਦੀ ਕਾਰਵਾਈ ਕਰਦੇ 150 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਸ ਨੇ ਇਸ ਦੌਰਾਨ ਯੂਟਿਊਬਰ ਧਰੁਵ ਰਾਠੀ ਨੂੰ ਗੁਰੂਗ੍ਰਾਮ ਦੇ ਸੈਕਟਰ 56 ਸਥਿਤ ਉਸਦੇ ਘਰ ਤੋਂ ਹਿਰਾਸਤ ਵਿੱਚ ਲਿਆ। ਮਿਲੀ ਜਾਣਕਾਰੀ ਮੁਤਾਬਕ ਜੰਤਰ-ਮੰਤਰ ਨੇੜੇ ਲਗਾਏ ਗਏ ਬੈਰੀਕੇਡਾਂ ਨੂੰ ਜਦੋਂ ਪ੍ਰਦਰਸ਼ਨਕਾਰੀਆਂ ਨੇ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਸ ਨਵੀਂ ਦਿੱਲੀ ਵਿੱਚ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਦੀ ਆਵਾਜਾਈ ‘ਤੇ ਨਜ਼ਰ ਰੱਖਣ ਲਈ ਡਰੋਨ ਦੀ ਵਰਤੋਂ ਕਰ ਰਹੀ ਹੈ। ਪੁਲਸ ਸੂਤਰਾਂ ਮੁਤਾਬਕ ਸੀਜੇਪੀ ਦੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਸਾਵਧਾਨੀ ਦੇ ਤੌਰ ‘ਤੇ ਰਾਸ਼ਟਰੀ ਰਾਜਧਾਨੀ ਦੇ ਸਾਰੇ 15 ਜ਼ਿਲ੍ਹਿਆਂ ਵਿੱਚ ਅਪਰਾਧਿਕ ਰਿਕਾਰਡ ਵਾਲੇ 600 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਸੁਰੱਖਿਆ ਕਾਰਨਾਂ ਅਤੇ ਪ੍ਰਕਿਰਿਆਤਮਕ ਜ਼ਰੂਰਤਾਂ ਦਾ ਹਵਾਲਾ ਦਿੰਦੇ ਦਿੱਲੀ ਪੁਲਸ ਨੇ ਸੀਜੇਪੀ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਸੀਜੇਪੀ ਦੇ ਮੁੱਖੀ ਅਭਿਜੀਤ ਦੀਪਕੇ ਨੇ ਕਿਹਾ ਕਿ ਉਹ ਦਿੱਲੀ ਪਹੁੰਚਣ ‘ਤੇ ਗ੍ਰਿਫਤਾਰ ਜਾਂ ਹਿਰਾਸਤ ਵਿੱਚ ਲਏ ਜਾਣ ਲਈ ਤਿਆਰ ਹਨ ਅਤੇ ਨਿਰਪੱਖ ਚੋਣਾਂ ਲਈ ਲੜਾਈ ਜਾਰੀ ਰੱਖਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ, “ਜੇਕਰ ਉਹ ਮੈਨੂੰ ਹਿਰਾਸਤ ਵਿੱਚ ਲੈਣਾ ਜਾਂ ਗ੍ਰਿਫ਼ਤਾਰ ਕਰਨਾ ਚਾਹੁੰਦੇ ਹਨ, ਤਾਂ ਜ਼ਰੂਰ ਕਰਨ। UAPA ਜਾਂ NSA ਦੀ ਵਰਤੋਂ ਕਰੋ – ਜੋ ਚਾਹੁੰਦੇ ਉਹ ਕਰਨ। ਪਰ ਅਸੀਂ ਨਿਰਪੱਖ ਚੋਣਾਂ ਅਤੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਲੜਦੇ ਰਹਾਂਗੇ।”

